
ਕੋਵਿਡ ਰੋਕੂ ਤੀਬਰ ਟੀਕਾਕਰਨ ਤਹਿਤ ਜ਼ਿਲ੍ਹੇ ਵਿਚ ਹੁਣ ਤੱਕ ਯੋਗ ਲਾਭਪਾਤਰੀਆਂ ਨੇ ਲਈਆਂ ਕੁੱਲ 29327 ਡੋਜਾਂ
ਨਵਾਂਸ਼ਹਿਰ, 5 ਅਪ੍ਰੈਲ 2021 : ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਕਿਹਾ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਲੋਕਾਂ ਨੂੰ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਜਾਰੀ ਕੀਤੀਆਂ ਸਾਵਧਾਨੀਆਂ ਅਤੇ ਦਿਸ਼ਾ ਨਿਰਦੇਸ਼ਾਂ ਬਾਰੇ ਜਾਗਰੂਕ ਕਰਨ ਅਤੇ ਕੋਵਿਡ ਰੋਕੂ ਟੀਕਾਕਰਨ ਲਈ ਇਕ ਵਿਆਪਕ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਕੋਵਿਡ ਵਿਰੁੱਧ ਰੋਗ ਪ੍ਰਤੀਰੋਧਕ ਸ਼ਕਤੀ ਵਧਾਉਣ ਹਿੱਤ ਚਲਾਈ ਗਈ ਕੋਵਿਡ ਰੋਕੂ ਟੀਕਾਕਰਨ ਮੁਹਿੰਮ ਹੁਣ ਲੋਕਾਂ ਨੂੰ ਟੀਕਾਕਰਨ ਲਈ ਪ੍ਰੇਰਿਤ ਕਰਨ ਵਿੱਚ ਸਿਲਸਲੇਵਾਰ ਢੰਗ ਨਾਲ ਅੱਗੇ ਵਧ ਰਹੀ ਹੈ।ਸਾਡੀਆਂ ਟੀਮਾਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਟੀਕਾਕਰਨ ਕੇਂਦਰਾਂ ਦਾ ਦੌਰਾ ਕਰ ਰਹੀਆਂ ਹਨ ਅਤੇ ਉੱਥੋਂ ਦੇ ਆਮ ਲੋਕਾਂ ਨੂੰ ਕੋਵਿਡ ਟੀਕਾਕਰਨ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਕੋਵਿਡ ਦੇ ਟੀਕੇ ਨਾਲ ਸਬੰਧਤ ਭਰਮ-ਭੁਲੇਖਿਆਂ ਤੇ ਮਿੱਥਾਂ ਨੂੰ ਦੂਰ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਦੇ ਸਵਾਲਾਂ ਦੇ ਤਸੱਲੀਬਖ਼ਸ਼ ਜਵਾਬ ਦੇ ਕੇ ਮੁਹਿੰਮ ਨੂੰ ਕਾਮਯਾਬ ਬਣਾਇਆ ਜਾ ਸਕੇ।
ਡਾ. ਕਪੂਰ ਨੇ ਦੱਸਿਆ ਕਿ 45 ਸਾਲ ਤੋਂ ਵੱਧ ਉਮਰ ਦਾ ਹਰ ਵਿਅਕਤੀ ਵੈਕਸੀਨ ਲਗਵਾਉਣ ਲਈ ਯੋਗ ਹੈ। ਉਨਾਂ ਸਾਰਿਆਂ ਯੋਗ ਵਿਅਕਤੀਆਂ ਨੂੰ ਜਲਦੀ ਤੋਂ ਜਲਦੀ ਟੀਕਾ ਲਗਵਾਉਣ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੀਮਤੀ ਮਨੁੱਖੀ ਜਾਨਾਂ ਨੂੰ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਉਣ ਲਈ ਜ਼ਿਲ੍ਹੇ ਵਿੱਚ ਹੁਣ ਹਫਤੇ ਦੇ ਸਾਰੇ ਦਿਨਾਂ ਵਿੱਚ ਟੀਕਾ ਮੁਹਿੰਮ ਚਲਾਈ ਜਾ ਰਹੀ ਹੈ।
ਉਨ੍ਹਾਂ ਨੇ ਅੱਗੇ ਕਿਹਾ ਕਿ “ਆਓ ਆਪਾਂ ਸਾਰੇ ਇਹ ਯਕੀਨੀ ਬਣਾਈਏ ਕਿ ਹਰੇਕ ਯੋਗ ਵਿਅਕਤੀ ਇਹ ਟੀਕਾ ਲਗਵਾਏ।” ਕੋਵਿਡ ਦੇ ਫੈਲਾਅ ਨੂੰ ਰੋਕਣ ਅਤੇ ਸਿਹਤਮੰਦ ਤੇ ਸੁਰੱਖਿਅਤ ਭਵਿੱਖ ਸਿਰਜਣ ਲਈ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ ਅਤੇ ਸਿਹਤ ਵਿਭਾਗ ਦੀਆਂ ਇਨ੍ਹਾਂ ਕੋਸ਼ਿਸ਼ਾਂ ਵਿੱਚ ਲੋਕਾਂ ਨੂੰ ਵੀ ਆਪਣਾ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ।
Our Correspondent.