ਕੈਂਪਾਂ ਦਾ ਲਾਭ ਲੈਣ ਲਈ ਬੇਰੋਜ਼ਗਾਰ ਨੌਜਾਵਾਨਾਂ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਪਾਸ ਰਜਿਸਟਰੇਸ਼ਨ ਕਰਵਾਉਣ ਦੀ ਕੀਤੀ ਅਪੀਲ
ਜਲੰਧਰ, 8 ਅਪ੍ਰੈਲ : ਸੂਬਾ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ 7ਵੇਂ ਮੈਗਾ ਰੋਜ਼ਗਾਰ ਮੇਲੇ ਅਧੀਨ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਸ਼ਾਹਕੋਟ ਵਿਖੇ ਵੀਰਵਾਰ ਨੂੰ ਲਗਾਏ ਗਏ ਰੋਜ਼ਗਾਰ ਮੇਲੇ ਵਿੱਚ 12 ਕੰਪਨੀਆਂ ਵੱਲੋਂ 473 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ ਕੀਤੀ ਗਈ ।
ਇਸ ਕੈਂਪ ਵਿੱਚ 556 ਦੇ ਕਰੀਬ ਨੌਜਵਾਨਾਂ ਨੇ ਹਿੱਸਾ ਲਿਆ ਜਦਕਿ ਨੌਕਰੀਆਂ ਲਈ ਯੋਗ ਉਮੀਦਵਾਰਾਂ ਦੀ ਚੋਣ ਕਰਨ ਵਾਸਤੇ 12 ਵੱਖ-ਵੱਖ ਕੰਪਨੀਆਂ ਵੱਲੋਂ ਮੇਲੇ ਵਿੱਚ ਸ਼ਿਰਕਤ ਕੀਤੀ ਗਈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਅੱਜ ਦੇ ਪਲੇਸਮੈਂਟ ਕੈਂਪ ਵਿਚ ਕੁੱਲ 556 ਨੌਜਵਾਨਾਂ ਨੇ ਹਿੱਸਾ ਲਿਆ ਸੀ, ਜਿਨ੍ਹਾਂ ਵਿੱਚੋਂ 473 ਉਮੀਦਵਾਰਾਂ ਦੀ ਕੰਪਨੀਆਂ ਵੱਲੋਂ ਨੌਕਰੀ ਲਈ ਚੋਣ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੈਂਪ ਦੌਰਾਨ ਪੁਖਰਾਜ ਹੈਲਥ ਕੇਅਰ ਵੱਲੋਂ 82 ਉਮੀਦਵਾਰਾਂ ਦੀ ਨੌਕਰੀਆਂ ਲਈ ਚੋਣ ਕੀਤੀ ਗਈ ਜਦਕਿ ਆਈ. ਸੀ. ਆਈ. ਸੀ. ਆਈ. ਬੈਂਕ ਵੱਲੋਂ 11, ਐਲ. ਆਈ. ਸੀ. ਨਕੋਦਰ ਵੱਲੋਂ 65, ਇਜਾਇਲ ਕੰਪਨੀ ਵੱਲੋਂ 83, ਐਸ.ਬੀ.ਆਈ. ਲਾਈਫ ਇੰਸ਼ੋਰੈਂਸ ਵੱਲੋਂ 16, ਸੀ.ਐਸ.ਸੀ. ਵੱਲੋਂ 27, ਹਰਬ ਲਾਈਫ ਨਿਊਟਰਿਸ਼ਨ ਵੱਲੋਂ 38, ਨਾਰਾਇਨੀ ਹਰਬਲ ਵੱਲੋਂ 46, ਫਿਊਚਰ ਜਰਨਲਰੀ ਵੱਲੋਂ 33, ਰੈਂਕ ਸਟੈਪ ਵੱਲੋਂ 13 ਅਤੇ ਐਲ.ਆਈ.ਸੀ. ਜਲੰਧਰ ਵੱਲੋਂ 59 ਬੇਰੋਜ਼ਗਾਰ ਨੌਜਵਾਨਾਂ ਦੀ ਨੌਕਰੀਆਂ ਲਈ ਚੋਣ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ 7ਵੇਂ ਮੈਗਾ ਰੋਜ਼ਗਾਰ ਮੇਲੇ ਤਹਿਤ ਸਮੂਹ ਬੀਡੀਪੀਓ ਦਫਤਰਾਂ ਵਿੱਚ ਕੈਂਪਾਂ ਸਮੇਤ ਜ਼ਿਲ੍ਹੇ ਵਿੱਚ 12 ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ।
ਇਸੇ ਤਰ੍ਹਾਂ 20 ਅਪ੍ਰੈਲ ਨੂੰ ਡੀ.ਬੀ.ਈ.ਈ. ਜਲੰਧਰ, 23 ਅਪ੍ਰੈਲ ਨੂੰ ਗੁਰੂ ਨਾਨਕ ਨੈਸ਼ਨਲ ਕਾਲਜ ਫਾਰ ਵੁਮੈਨ, ਨਕੋਦਰ, 26 ਅਪ੍ਰੈਲ ਨੂੰ ਜਨਤਾ ਕਾਲਜ ਕਰਤਾਰਪੁਰ, 27 ਅਪ੍ਰੈਲ ਨੂੰ ਸਰਕਾਰੀ ਪੋਲੀਟੈਕਨਿਕ ਕਾਲਜ ਫਾਰ ਵੁਮੈਨ, ਜਲੰਧਰ, 28 ਅਪ੍ਰੈਲ ਨੂੰ ਬੀ.ਡੀ.ਪੀ.ਓ. ਦਫ਼ਤਰ ਫਿਲੌਰ ਅਤੇ 30 ਅਪ੍ਰੈਲ ਨੂੰ ਸੀ.ਟੀ. ਇੰਸਟੀਚਿਊਟ ਆਫ ਇੰਜੀਨੀਅਰਿੰਗ ਅਤੇ ਟੈਕਨੋਲੋਜੀ, ਸ਼ਾਹਪੁਰ ਵਿਖੇ ਅਜਿਹੇ ਹੋਰ ਕੈਂਪ ਲਗਾਏ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ਦੌਰਾਨ ਜ਼ਿਲ੍ਹੇ ਭਰ ਦੇ ਨੌਜਵਾਨਾਂ ਨੂੰ ‘ਘਰ-ਘਰ ਰੋਜ਼ਗਾਰ’ ਮਿਸ਼ਨ ਤਹਿਤ ਵੱਖ-ਵੱਖ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰ ਵਾਸਤੇ ਵੱਡੀ ਗਿਣਤੀ ਵਿੱਚ ਨਾਮੀ ਕੰਪਨੀਆਂ ਵੱਲੋਂ ਸ਼ਿਰਕਤ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੋਜ਼ਗਾਰ ਮੇਲੇ ਨੌਜਵਾਨਾਂ ਦੀ ਤਕਦੀਰ ਬਦਲਣ ਵਿੱਚ ਸਹਾਇਕ ਸਾਬਤ ਹੋ ਰਹੇ ਹਨ । ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਨੌਕਰੀਆਂ ਪ੍ਰਾਪਤ ਕਰਨ ਵਾਲੇ ਨੌਜਵਾਨ ਰਾਜ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨਗੇ। ਉਨ੍ਹਾਂ ਕਿਹਾ ਕਿ ਰਾਜ ਦੇ ਨੌਜਵਾਨਾਂ ਦੀ ਅਸੀਮ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣ ਲਈ ਇਹ ਇਕ ਹੋਰ ਮੀਲ ਪੱਥਰ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਨੌਕਰੀਆਂ ਲਈ ਨੌਜਵਾਨਾਂ ਦੀ ਚੋਣ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਕੀਤੀ ਜਾਵੇਗੀ।
ਸ਼੍ਰੀ ਥੋਰੀ ਨੇ ਨੌਜਵਾਨਾਂ ਨੂੰ ਵਧੇਰੇ ਨੌਕਰੀਆਂ ਲਈ www.pgrkam.com ‘ਤੇ ਆਪਣਾ ਨਾਮ ਦਰਜ ਕਰਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਵਧੇਰੇ ਜਾਣਕਾਰੀ ਲਈ ਨੌਜਵਾਨ 0181-2225791 ‘ਤੇ ਵੀ ਸੰਪਰਕ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੌਜਵਾਨਾਂ ਨੂੰ ਇਨ੍ਹਾਂ ਰੋਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ, ਜੋ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਵਿਚ ਅਹਿਮ ਭੂਮਿਕਾ ਨਿਭਾਉਣਗੇ।
Our Corresponent